ਅੰਮ੍ਰਿਤਸਰ, 12 ਦਸੰਬਰ – ਮੁਹਾਲੀ ਵਿਖੇ ਭੁੱਖ ਹੜਤਾਲ ’ਤੇ ਬੈਠੇ ਗੁਰਬਖਸ਼ ਸਿੰਘ ਵਲੋਂ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕੀਤੇ ਜਾਣ ਦੀ ਕੀਤੀ ਜਾ ਰਹੀ ਮੰਗ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਆਪਣੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਭਲਕੇ ਉਨ੍ਹਾਂ ਵਲੋਂ ਸਥਾਨਕ ਕਾਨੂੰਨੀ ਮਾਹਰਾਂ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿਚ ਕਾਨੂੰਨੀ ਮਾਹਰਾਂ ਕੋਲੋਂ ਅਜਿਹੇ ਕੇਸਾਂ ਸਬੰਧੀ ਜਾਣਕਾਰੀ ਲਈ ਜਾਵੇਗੀ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਲੋਂ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਾਉਣ ਲਈ ਕੀ ਕੀਤਾ ਜਾ ਸਕਦਾ ਹੈ।
ਸੂਤਰਾਂ ਅਨੂਸਾਰ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਾਨੂੰਨੀ ਮਾਹਰ ਵਜੋਂ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਤੇ ਹੋਰਨਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਲੋਂ ਭੁੱਖ ਹੜਤਾਲ ’ਤੇ ਬੈਠੇ ਗੁਰਬਖਸ਼ ਸਿੰਘ ਨੂੰ ਅੱਜ ਇਕ ਪੱਤਰ ਭੇਜ ਕੇ ਆਖਿਆ ਗਿਆ ਹੈ ਕਿ ਉਹ ਆਪਣੇ ਪੰਜ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਵਿਖੇ ਭੇਜਣ, ਜਿਨ੍ਹਾਂ ਕੋਲ ਸਿੱਖ ਨੌਜਵਾਨਾਂ ਦੀ ਰਿਹਾਈ ਸਬੰਧੀ ਸਮੁੱਚੀ ਜਾਣਕਾਰੀ ਅਤੇ ਦਸਤਾਵੇਜ਼ ਮੌਜੂਦ ਹੋਣ। ਇਸ ਮਾਮਲੇ ਵਿਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸਥਾਨਕ ਕਾਨੂੰਨ ਮਾਹਰਾਂ ਅਤੇ ਗੁਰਬਖਸ਼ ਸਿੰਘ ਸਮਰਥਕ ਵਫ਼ਦ ਕੋਲੋਂ ਸਮੁੱਚੀ ਜਾਣਕਾਰੀ ਲੈਣ ਮਗਰੋਂ ਅਗਲੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ।