ਮਹਿਰਾਜ (ਬਠਿੰਡਾ),19 ਦਸੰਬਰ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਰਨ ਵਰਤ ’ਤੇ ਬੈਠੇ ਗੁਰਬਖ਼ਸ਼ ਸਿੰਘ ਦੇ ਸਟੈਂਡ ਨੂੰ ਦਰੁਸਤ ਦੱਸਦਿਆਂ ਬੰਦੀ ਸਿੱਖਾਂ ਦੀ ਰਿਹਾਈ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਤਰਜੀਹੀ ਆਧਾਰ ’ਤੇ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇਸ ਸਮੇਂ 280 ਅਜਿਹੇ ਕੈਦੀ ਹਨ ਜੋ ਆਪਣੀ ਸਜ਼ਾ ਕੱਟ ਚੁੱਕੇ ਹਨ ਅਤੇ ਇਨ੍ਹਾਂ ’ਚੋਂ 108 ਰਾਜਸੀ ਕਾਰਨਾਂ ਵਾਲੇ ਕੈਦੀ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਯਕੀਨੀ ਬਣਾਉਣ ਅਤੇ ਦੂਸਰੇ ਸੂਬਿਆਂ ਦੀਆਂ ਸਰਕਾਰਾਂ ਕੋਲ ਵੀ ਇਹ ਮਾਮਲਾ ਉਠਾਏ ਜਾਣ ਦੀ ਗੱਲ ਵੀ ਕਹੀ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਵਿਚ ਭਾਜਪਾ ਸਰਕਾਰ ਹੈ ਅਤੇ ਉਥੋਂ ਦੀਆਂ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਬਾਦਲ ਸਰਕਾਰ ਆਪਣੇ ਭਾਈਵਾਲਾਂ ਨਾਲ ਗੱਲ ਕਰੇ। ਉਨ੍ਹਾਂ ਕਿਹਾ ਕਿ ਉਹ ਖੁਦ ਪਾਕਿਸਤਾਨ ਦੀਆਂ ਜੇਲ੍ਹਾਂ ’ਚੋਂ ਕੈਦੀ ਰਿਹਾਅ ਕਰਵਾ ਕੇ ਲਿਆਏ ਸਨ ਪਰ ਸੂਬਾ ਸਰਕਾਰ ਹੱਥ ’ਤੇ ਹੱਥ ਧਰੀ ਬੈਠੀ ਹੈ।
ਸਾਬਕਾ ਮੁੱਖ ਮੰਤਰੀ ਦਾ ਅੱਜ ਉਨ੍ਹਾਂ ਦੇ ਇਸ ਪੁਰਖਿਆਂ ਦੇ ਪਿੰਡ ਵਿੱਚ ਭਾਈਚਾਰੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਪਹਿਲਾਂ ਛੋਟੇ ਗੁਰੂਸਰ ਦੇ ਗੁਰੂਘਰ ਵਿੱਚ ਮੱਥਾ ਟੇਕਿਆ ਜਿੱਥੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ। ਇਸ ਮਗਰੋਂ ਉਨ੍ਹਾਂ ਪਿੰਡ ਦੀ ਦਾਣਾ ਮੰਡੀ ਵਿਚ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਚੋਣਾਂ ਖਾਸਕਰ ਬਠਿੰਡਾ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਸਬੰਧੀ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਜਾਣੂ ਕਰਾ ਦਿੱਤਾ ਸੀ। ਉਨ੍ਹਾਂ ਕਾਂਗਰਸ ਵਿਚ ਧੜੇਬੰਦੀ ਦੀ ਗੱਲ ਨੂੰ ਨਕਾਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਇਕਜੁੱਟ ਹੈ ਅਤੇ ਸਭ ਕੁਝ ਠੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਿਮਸ ਨੂੰ ਚਲਾਉਣ ਦੀ ਨੀਅਤ ਨਹੀਂ ਸੀ ਜਿਸ ਕਰਕੇ ਹੁਣ ਸਰਕਾਰ ਪ੍ਰਾਈਵੇਟ ਪਾਰਟੀਆਂ ਦੇ ਰਾਹ ਤੱਕ ਰਹੀ ਹੈ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਮੰਦਹਾਲੀ ਦਾ ਜ਼ਿਕਰ ਕੀਤਾ ਅਤੇ ਪੰਜਾਬ ਨੂੰ ਲੀਹ ’ਤੇ ਲਿਆਉਣ ਲਈ ਪੰਜਾਬ ਦੇ ਸਨਅਤੀਕਰਨ ਦੀ ਗੱਲ ਕੀਤੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਗੱਲ ਕਰਦਿਆਂ ਕਿਹਾ ਕਿ ਲੋਕ ਮਸਲਿਆਂ ਨੂੰ ਹੱਲ ਕਰਨ ਵਾਸਤੇ ਸੰਗਤ ਦਰਸ਼ਨ ਕੋਈ ਆਧੁਨਿਕ ਤਰੀਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰ ਤਾਂ ਦੂਸਰੇ ਸੂਬਿਆਂ ਵਿਚ ਪ੍ਰੋਜੈਕਟ ਲਗਾ ਰਹੇ ਹਨ ਅਤੇ ਸਰਕਾਰ ਸਨਅਤੀ ਨਿਵੇਸ਼ ਦੀਆਂ ਫੋਕੀਆਂ ਟੌਹਰਾਂ ਮਾਰ ਰਹੀ ਹੈ। ਨਵੇਂ ਤਾਪ ਬਿਜਲੀਘਰਾਂ ਨੂੰ ਡਰਾਮਾ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਥਰਮਲਾਂ ਲਈ ਅਕਾਲੀ ਕੋਲਾ ਕਿੱਥੋਂ ਲਿਆਉਣਗੇ। ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਸਰਕਾਰੀ ਸਕੂਲਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਵਿਚ ਘਪਲੇ ਹੋ ਰਹੇ ਹਨ। ਇਸ ਮੌਕੇ ਵਿਧਾਇਕ ਅਜਾਇਬ ਸਿੰਘ ਭੱਟੀ ਤੇ ਜੋਗਿੰਦਰ ਸਿੰਘ ਪੰਜਗਰਾਈਂ, ਸਾਬਕਾ ਵਿਧਾਇਕ ਮੱਖਣ ਸਿੰਘ ਅਤੇ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਅਤੇ ਸੀਨੀਅਰ ਆਗੂ ਹਰਨਿਰਪਾਲ ਸਿੰਘ ਮੁਕਤਸਰ ਆਦਿ ਹਾਜਰ ਸਨ।