ਬਿਕਰਮੀ ਕੈਲੰਡਰ ਲਾਗੂ ਕਰਨ ਉੱਤੇ ਜ਼ੋਰ
ਸੰਤ ਸਮਾਜ ਦੇ ਆਗੂਆਂ ਦਾ ਵਫ਼ਦ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਿਆ
ਅੰਮ੍ਰਿਤਸਰ, 11 ਦਸੰਬਰ : ਸੰਤ ਸਮਾਜ ਦੇ ਆਗੂਆਂ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਸਿੱਖ ਜਗਤ ਵਿਚ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਲਈ ਪੁਰਾਣਾ ਬਿਕਰਮੀ ਕੈਲੰਡਰ ਹੀ ਲਾਗੂ ਕੀਤਾ ਜਾਵੇ ਕਿਉਂਕਿ ਇਹ ਸਭ ਨੂੰ ਸਵੀਕਾਰ ਸੀ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤ ਸੰਚਾਰ ਤੇ ਨਿਤਨੇਮ ਦੀਆਂ ਬਾਣੀਆਂ ਨੂੰ ਇਕਸਾਰਤਾ ’ਚ ਲਾਗੂ ਕਰਨ ਲਈ ਅਪੀਲ ਕੀਤੀ ਹੈ ਜਦੋਂਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰਨ ਦਾ ਭਰੋਸਾ ਦਿੱਤਾ ਹੈ। ਸੰਤ ਸਮਾਜ ਦੇ ਵਫ਼ਦ ਵਿਚ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ, ਸੰਤ ਹਰੀ ਸਿੰਘ ਰੰਧਾਵੇ ਵਾਲੇ, ਸੁਖਚੈਨ ਸਿੰਘ ਧਰਮੂੰਪੁਰਾ ਤੇ ਹੋਰ ਸ਼ਾਮਲ ਸਨ। ਵਫਦ ਨੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਸਬੰਧੀ ਇਕ ਪੱਤਰ ਸੌਂਪਿਆ।
ਇਥੇ ਜ਼ਿਕਰਯੋਗ ਹੈ ਕਿ 2003 ਵਿਚ ਪਾਲ ਸਿੰਘ ਪੁਰੇਵਾਲ ਵੱਲੋਂ ਬਣਾਏ ਗਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਗਿਆ ਸੀ, ਪਰ ਇਸ ਕੈਲੰਡਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਸਮੇਤ ਸੰਤ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ ਸੀ। ਹੁਣ 2010 ਵਿਚ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਗਿਆ ਹੈ, ਪਰ ਇਸ ਕੈਲੰਡਰ ’ਤੇ ਵੀ ਵਿਵਾਦ ਬਰਕਰਾਰ ਹੈ। ਇਸ ਮੌਕੇ ਸੰਤ ਸਮਾਜ ਵਲੋਂ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਅਤੇ ਨਿਤ ਨੇਮ ਦੀਆਂ ਬਾਣੀਆਂ ਬਾਰੇ ਵੀ ਇਕਸਾਰਤਾ ਲਿਆਉਣ ਲਈ ਮੰਗ ਕੀਤੀ ਗਈ ਹੈ।
ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਭੁੱਖ ਹੜਤਾਲ ’ਤੇ ਬੈਠੇ ਗੁਰਬਖਸ਼ ਸਿੰਘ ਬਾਰੇ ਗੱਲ ਕਰਦਿਆਂ ਸਾਬਕਾ ਜਥੇਦਾਰ ਨੇ ਆਖਿਆ ਕਿ ਸੰਤ ਸਮਾਜ ਉਸ ਵੱਲੋਂ ਉਠਾਏ ਮੁੱਦੇ ਤੋਂ ਪੂਰੀ ਤਰ੍ਹਾਂ ਸਹਿਮਤ ਹੈ ਪਰ ਇਸ ਮੰਗ ਨੂੰ ਮਨਾਉਣ ਲਈ ਵਰਤੇ ਗਏ ਢੰਗ ਤਰੀਕੇ ਤੋਂ ਸਹਿਮਤ ਨਹੀਂ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੰਤ ਸਮਾਜ ਵੱਲੋਂ ਕੀਤੀਆਂ ਗਈਆਂ ਮੰਗਾਂ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰਨ ਮਗਰੋਂ ਅਗਲਾ ਫੈਸਲਾ ਕੀਤਾ ਜਾਵੇਗਾ।