ਮੁਹਾਲੀ, 20 ਫਰਵਰੀ :ਲੋਕ ਸਭਾ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਪੰਜਾਬ ਸਰਕਾਰ ਨੇ ਫਿਲਹਾਲ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਰੋਕ ਲਾ ਕੇ ਇਸ ਮੁੱਦੇ ’ਤੇ ਰੀਵਿਊ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਅਨਿਲ ਜੋਸ਼ੀ ਨੇ ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਲੋਕ ਸੋਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਉਨ੍ਹਾਂ ਨੂੰ ਮਿਲੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਵਪਾਰ ਮੰਡਲ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪ੍ਰਾਪਰਟੀ ਟੈਕਸ ਵਸੂਲੀ ਦੇ ਫ਼ੈਸਲੇ ਬਾਰੇ ਨਜ਼ਰਸਾਨੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਿਟੀਜ਼ਨ ਵੈਲਫੇਅਰ ਅਤੇ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਕਰਾਂਤੀ ਦੀ ਅਗਵਾਈ ਹੇਠ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਸਰਕਾਰ ਦੇ ਇਸ ਲੋਕ ਵਿਰੋਧੀ ਫੈਸਲੇ ਖ਼ਿਲਾਫ਼ ਪੜਾਅਵਾਰ ਸੰਘਰਸ਼ ਆਰੰਭਿਆ ਹੋਇਆ ਹੈ। ਇਸ ਕਾਰਨ ਸੱਤਾਧਾਰੀ ਗੱਠਜੋੜ ਦੀ ਨੀਂਦ ਉੱਡੀ ਪਈ ਹੈ। ਸਰਕਾਰ ਨੇ ਹੁਣ ਲੋਕ ਸਭਾ ਚੋਣਾਂ ਵਿੱਚ ਵੋਟਾਂ ਲੈਣ ਖ਼ਾਤਰ ਫਿਲਹਾਲ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਬਾਰੇ ਆਖ ਦਿੱਤਾ ਹੈ। ਉਂਜ ਇਸ ਸਬੰਧੀ ਹਾਲੇ ਤੱਕ ਸਰਕਾਰੀ ਤੌਰ ’ਤੇ ਅਜਿਹਾ ਕੋਈ ਆਦੇਸ਼ ਨਹੀਂ ਦਿੱਤਾ ਗਿਆ ਹੈ।
ਸ੍ਰੀ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਾਪਰਟੀ ਟੈਕਸ ਸਬੰਧੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਟੈਕਸ ਦੀਆਂ ਵਧ ਦਰਾਂ ਬਾਰੇ ਦੱਸਿਆ। ਇਸ ਮਗਰੋਂ ਵਫ਼ਦ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨਾਲ ਮੁਲਾਕਾਤ ਕੀਤੀ। ਸ੍ਰੀ ਜੋਸ਼ੀ ਨੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵਫ਼ਦ ਨੂੰ ਦੱਸਿਆ ਕਿ ਮੌਜੂਦਾ ਪ੍ਰਾਪਰਟੀ ਟੈਕਸ ’ਤੇ ਰੋਕ ਲਾਉਂਦਿਆਂ ਰੀਵੀਊ ਕਮੇਟੀ ਦੇ ਗਠਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਦੀਪ ਸਿੰਘ, ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਅਮਰੀਕ ਸਿੰਘ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪ੍ਰਾਪਰਟੀ ਟੈਕਸ ’ਤੇ ਰੋਕ ਚੋਣ ਸਟੰਟ ਕਰਾਰ
ਸ੍ਰੀ ਆਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਮੁਹਾਲੀ ਹਲਕੇ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਫਿਲਹਾਲ ਆਰਜ਼ੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਰੋਕ ਲਾਉਣ ਅਤੇ ਰੀਵੀਊ ਕਮੇਟੀ ਬਣਾਉਣ ਦੇ ਫ਼ੈਸਲੇ ਨੂੰ ਚੋਣ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਸਭਾ ਚੋਣਾਂ ਵਿੱਚ ਲੋਕਾਂ ਦਾ ਸਾਹਮਣਾਂ ਕਰਨ ਤੋਂ ਡਰਦੀ ਸਰਕਾਰ ਨੇ ਇਹ ਡਰਾਮੇਬਾਜ਼ੀ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਹੋਣ। ਕਾਂਗਰਸ ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੂੰ ਲੋਕਾਂ ਦੀ ਏਨੀ ਫਿਰਕ ਹੈ ਤਾਂ ਪ੍ਰਾਪਰਟੀ ਟੈਕਸ ਦਾ ਫ਼ੈਸਲਾ ਵਾਪਸ ਲੈਣ ਬਾਰੇ ਤੁਰੰਤ ਐਲਾਨ ਕਰੇ।
ਚੰਦੂਮਾਜਰਾ ਨੇ ਗੁਰਦੁਆਰੇ ਮੱਥਾ ਟੇਕ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਪਣੇ ਸਮਰਥਕਾਂ ਅਤੇ ਅਕਾਲੀ-ਭਾਜਪਾ ਵਰਕਰਾਂ ਦੇ ਕਾਫ਼ਲੇ ਨਾਲ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਸੰਸਦੀ ਸਕੱਤਰ ਐਨ.ਕੇ. ਸ਼ਰਮਾ ਸਮੇਤ ਪਰਮਜੀਤ ਕੌਰ ਲਾਂਡਰਾਂ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਗੋਲਡੀ, ਜਥੇਦਾਰ ਉਜਾਗਰ ਸਿੰਘ ਬਡਾਲੀ ਆਦਿ ਮੌਜੂਦ ਸਨ।