ਮੁਹਾਲੀ, 20 ਜਨਵਰੀ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਜਾਂ ਕੈਬਨਿਟ ਵਜ਼ੀਰ ਨੂੰ ਸੱਤਾ ਵਿੱਚ ਹੁੰਦਿਆਂ ਰੋਸ ਧਰਨੇ ’ਚ ਬੈਠਣਾ ਸੋਭਾ ਨਹੀਂ ਦਿੱਤਾ। ਉਂਜ ਵੀ ਇਹ ਭਾਰਤੀ ਸੰਵਿਧਾਨ ਦੇ ਖ਼ਿਲਾਫ਼ ਹੈ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਗਟ ਕੀਤੇ। ਉਹ ਅੱਜ ਇਥੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਨਵ-ਨਿਯੁਕਤ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਅਹੁਦਾ ਸੰਭਾਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।
ਜ਼ਿਕਰਯੋਗ ਹੈ ਕਿ ਅੱਜ ਸ੍ਰੀ ਕੇਜਰੀਵਾਲ ਸਮੇਤ ਉਨ੍ਹਾਂ ਦੀ ਸਮੁੱਚੀ ਕੈਬਨਿਟ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਹਰ ਧਰਨਾ ਦਿੱਤਾ ਗਿਆ। ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਤੇ ਸਾਥੀ ਮੰਤਰੀਆਂ ਵੱਲੋਂ ਧਰਨਾ ਦੇਣਾ ਲੋਕਤੰਤਰਿਕ ਢਾਂਚੇ ’ਚ ਹਲਕੇਪਣ ਅਤੇ ਗਿਰਾਵਟ ਦੀ ਨਿਸ਼ਾਨੀ ਹੈ। ਮੁੱਖ ਮੰਤਰੀ ਦਾ ਕੰਮ ਧਰਨਿਆਂ ’ਤੇ ਬੈਠਣਾ ਨਹੀਂ ਸਗੋਂ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਅਤੇ ਸਰਬਪੱਖੀ ਵਿਕਾਸ ਵੱਲ ਤਵੱਜੋ ਦੇਣਾ ਹੈ। ਅੰਤਰਰਾਸ਼ਟਰੀ ਡਰੱਗ ਤਸਕਰ ਜਗਦੀਸ਼ ਭੋਲਾ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਸੂਬੇ ਦੇ ਲੋਕ ਸੰਪਰਕ ਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਣ ਅਤੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਬਾਰੇ ਪੁੱਛੇ ਜਾਣ ’ਤੇ ਸ੍ਰੀ ਬਾਦਲ ਨੇ ਕਿਹਾ ਕਿ ਕੇਵਲ ਇਕ ਅਪਰਾਧੀ ਦੇ ਬਿਆਨ ਨੂੰ ਆਧਾਰ ਬਣਾ ਕੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਭੋਲਾ ਦੇ ਬਿਆਨ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਮੁੱਖ ਮੰਤਰੀ ਨੇ ਕਾਂਗਰਸ ਨੂੰ ਮੁੱਦਾਹੀਣ ਪਾਰਟੀ ਦੱਸਦਿਆਂ ਕਿਹਾ ਕਿ ਵਿਰੋਧੀ ਧਿਰ ਨੂੰ ਐਵੇਂ ਹੀ ਮਾੜੀ-ਮਾੜੀ ਗੱਲ ਨੂੰ ਲੈ ਕੇ ਰੌਲਾ ਪਾਉਣ ਦੀ ਆਦਤ ਹੈ। ਕਾਂਗਰਸ ਭੋਲਾ ਨੂੰ ਢਾਲ ਬਣਾ ਕੇ ਆਪਣੀ ਡਿੱਗੀ ਸਾਖ ਬਚਾਉਣ ਲਈ ਸਿਆਸੀ ਰੋਟੀਆਂ ਸੇਕਣ ਦੀ ਤਾਕ ਵਿੱਚ ਹੈ।
ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਸਬੰਧੀ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਕਮੇਟੀ ਨੂੰ ਸੌਂਪੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਨੂੰ ਨਿਰਪੱਖ ਜਾਂਚ ਕਰਨ ਲਈ ਆਖਿਆ ਗਿਆ ਹੈ। ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਸ੍ਰੀ ਬਾਦਲ ਨੇ ਕਿਹਾ ਕਿ ਸੱਤਾਧਾਰੀ ਅਕਾਲੀ-ਭਾਜਪਾ ਗੱਠਜੋੜ ਲੋਕ ਸਭਾ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੋਵਾਂ ਭਾਈਵਾਲ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਰੌਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਫਾਇਆ ਲਗਪਗ ਤੈਅ ਹੈ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਐਨ.ਕੇ.ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਦੀਪਇੰਦਰ ਸਿੰਘ ਢਿੱਲੋਂ, ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਰਸਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਪਰਮਜੀਤ ਕੌਰ ਬਡਾਲੀ ਸਮੇਤ ਹੋਰ ਪਤਵੰਤੇ ਮੌਜੂਦ ਸਨ।